ਚੰਡੀਗੜ੍ਹ (ਖ਼ਬਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੈਕਟਰ-17 ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਸੁਪਰਡੈਂਟ ਨੂੰ ਇਕ ਨਿੱਜੀ ਟਰਾਂਸਪੋਰਟਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਧਾਰੜ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤ ਦੀ ਜਾਂਚ ਤੋਂ ਬਾਅਦ ਬਿਊਰੋ ਦੇ ਉਡਣ ਦਸਤੇ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਸੁਪਰਡੈਂਟ ਨੂੰ ਉਸ ਦੇ ਦਫ਼ਤਰ ਦੇ ਬਾਹਰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਦੋਸ਼ੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ