ਸਿੱਖ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ” – ਸੰਧਵਾਂ ਵੱਲੋਂ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ
ਸੰਤ ਬਾਬਾ ਬਲਜਿੰਦਰ ਸਿੰਘ ਜੀ ਨੇ ਗੁਰਬਾਣੀ ਅਤੇ ਸਿੱਖ ਇਤਿਹਾਸ ਨੂੰ ਡਿਜੀਟਲ ਰੂਪ ਵਿੱਚ ਪਹੁੰਚਾਇਆ :– ਸੰਧਵਾਂ
ਰਾੜਾ ਸਾਹਿਬ, ਪਾਇਲ (ਲੁਧਿਆਣਾ), 7 ਸਤੰਬਰ: ਸਿੱਖ ਪੰਥ ਦੇ ਮਹਾਨ ਵਿਦਵਾਨ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਤੇ ਅਫ਼ਸੋਸ ਪ੍ਰਗਟ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾ ਐਤਵਾਰ ਨੂੰ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਪ੍ਰਦਾਇ ਰਾੜਾ ਸਾਹਿ
ਬ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਜੀ ਭੋਰਾ ਸਾਹਿਬ ਅਤੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ, ਟਰੱਸਟੀ ਮੈਂਬਰ ਭਾਈ ਰਣਧੀਰ ਸਿੰਘ ਢੀਂਡਸਾ, ਭਾਈ ਗੁਰਨਾਮ ਸਿੰਘ, ਭਾਈ ਮਲਕੀਤ ਸਿੰਘ ਪਨੇਸਰ, ਜਗਜੀਤ ਸਿੰਘ ਗਿੱਲ, ਮਨਿੰਦਰਜੀਤ ਸਿੰਘ ਬਾਵਾ, ਪ੍ਰਿੰਸੀਪਲ ਗੁਰਨਾਮ ਸਿੰਘ ਚੰਡੀਗੜ੍ਹ , ਭਾਈ ਬਾਵਾ ਸਿੰਘ ਤੋਂ ਇਲਾਵਾ ਸੰਤ ਬਾਬਾ ਬਲਜਿੰਦਰ ਸਿੰਘ ਜੀ ਭਰਾ ਭਾਈ ਗੁਰਦੀਪ ਸਿੰਘ (ਅਮਰੀਕਾ) ਅਤੇ ਭਾਈ ਗੋਬਿੰਦਰ ਸਿੰਘ ਅਤੇ ਹੋਰ ਸੰਗਤਾਂ ਨਾਲ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਤੇ ਸਿੱਖ ਜਗਤ, ਸੰਪ੍ਰਦਾਇ ਰਾੜਾ ਸਾਹਿਬ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਨਾ ਪੂਰਿਆ ਜਾਣ ਵਾਲਾ ਵੱਡਾ ਘਾਟਾ ਪਿਆ ਹੈ।
ਉਨ੍ਹਾਂ ਕਿਹਾ ਕਿ ਸੰਤ ਬਾਬਾ ਬਲਜਿੰਦਰ ਸਿੰਘ ਜੀ ਨੇ ਜਿਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਉੱਥੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਨੇ ਕਈ ਸਾਲਾਂ ਦੀ ਮਿਹਨਤ ਦਾ ਸਦਕਾ ਗੁਰਬਾਣੀ, ਗੁਰਮਤਿ ਅਤੇ ਸਿੱਖ-ਇਤਿਹਾਸ ਨਾਲ ਸੰਬੰਧਿਤ ਸਮੱਗਰੀ ਇੰਟਰਨੈੱਟ ਤੇ ਸੰਗਤਾਂ ਲਈ ਉਪਲੱਬਧ ਕਰਵਾਉਣ ਵਿੱਚ ਭਰਪੂਰ ਯੋਗਦਾਨ ਪਾਇਆ ਜਿਸ ਨੂੰ ਰਹਿਦੀ ਦੁਨੀਆਂ ਤੱਕ ਯਾਦ ਕੀਤਾ ਜਾਵੇਗਾ।
ਸਪੀਕਰ ਸੰਧਵਾਂ ਨੇ ਕਿਹਾ ਕਿ ਬਾਬਾ ਬਲਜਿੰਦਰ ਸਿੰਘ ਜੀ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਉਚੇਚੇ ਤੌਰ ‘ਤੇ ਕੰਮ ਕੀਤੇ ਹਨ। ਉਨ੍ਹਾਂ ਈਸ਼ਰ ਮਾਈਕਰੋ ਮੀਡੀਆ ਬਣਾਇਆ ਹੈ। ਇਸ ਐਪ ਰਾਹੀਂ ਤੁਸੀਂ ਗੁਰੂ ਦਾ ਗਿਆਨ ਲੈ ਸਕਦੇ ਹੋ। ਸੋ ਬਹੁਤ ਹੀ ਸੇਵਾਵਾਂ ਬਾਬਾ ਜੀ ਨੇ ਨਿਭਾਈਆਂ ਹਨ। ਬਾਬਾ ਬਲਜਿੰਦਰ ਸਿੰਘ ਜੀ ਦਾ ਸਮੇਂ ਤੋਂ ਪਹਿਲਾਂ ਚਲੇ ਜਾਣਾ ਬਹੁਤ ਦੁਖਦਾਈ ਅਤੇ ਸਦੀਵੀ ਵਿਛੋੜਾ ਨਾ ਭੁੱਲਣਯੋਗ ਹੈ।
ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਵੀ ਫੁਰਮਾਨ ਹੈ ‘ਬਿਰਥੀ ਕਦੇ ਨ ਹੋਵਇ ਜਨ ਕੀ ਅਰਦਾਸਿ’। ਅਸੀਂ ਸਾਰੇ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰੀਏ ਕਿ ਬਾਬਾ ਬਲਜਿੰਦਰ ਸਿੰਘ ਜੀ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।
ਉਨ੍ਹਾਂ ਕਿਹਾ ਕਿ ਇਹ ਸੰਪਰਦਾਇ ਬਹੁਤ ਲੰਬੇ ਸਮੇਂ ਤੋਂ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਹੀ ਹੈ। ਜਿੱਥੇ ਸਾਨੂੰ ਨਿੱਜੀ ਤੌਰ ‘ਤੇ ਦੁੱਖ ਮਹਿਸੂਸ ਹੋਇਆ ਹੈ ਉੱਥੇ ਸਮੁੱਚੇ ਸਿੱਖ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਕਿਉਂਕਿ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਦੇਸ਼ ਅਤੇ ਵਿਦੇਸ਼ਾਂ ਵਿੱਚ ਜਾ ਕੇ, ਕੀਰਤਨ ਅਤੇ ਕਥਾ (ਅਧਿਆਤਮਿਕ ਪ੍ਰਵਚਨ) ਰਾਹੀਂ ਸਿੱਖ ਸੰਗਤਾਂ ਨੂੰ ਗੁਰੂ ਨਾਲ ਜੋੜਿਆ ਹੈ ਅਤੇ ਗੁਰੂ ਦੇ ਲੜ ਲਾਉਣ ਦਾ ਮਹਾਨ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੰਗਤਾਂ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਹਾਂਪੁਰਖ ਸਦੀਆਂ ਬਾਅਦ ਇਸ ਸੰਸਾਰ ‘ਤੇ ਆਉਂਦੇ ਹਨ ਅਤੇ ਸੰਗਤਾਂ ਨੂੰ ਗੁਰੂ ਦੇ ਲੜ ਲਾਉਂਦੇ ਹਨ। ਸਮਾਜਿਕ ਕੁਰੀਤੀਆਂ ਨੂੰ ਦੂਰ ਕਰਦੇ ਹਨ।
ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਬਾਬਾ ਬਲਜਿੰਦਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ ਉੱਥੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਲਈ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸੰਗਤਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
![]()
